ਤਾਜਾ ਖਬਰਾਂ
ਜਗਦੀਸ਼ ਥਿੰਦ
ਮੋਗਾ, 21 ਨਵੰਬਰ:
ਮਾਨਯੋਗ ਰਾਜ ਚੋਣ ਕਮਿਸ਼ਨ, ਪੰਜਾਬ, ਚੰਡੀਗੜ੍ਹ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਮੋਗਾ ਦੀਆਂ ਨਗਰ ਕੌਂਸਲ ਬਾਘਾਪੁਰਾਣਾ ਅਤੇ ਧਰਮਕੋਟ ਦੀਆਂ ਚੋਣਾਂ ਲਈ ਕੁੱਲ 92 ਉਮੀਦਵਾਰ ਚੋਣ ਮੈਦਾਨ ਵਿੱਚ ਆਪਣੀ ਕਿਸਮਤ ਅਜ਼ਮਾ ਰਹੇ ਹਨ। ਇਨ੍ਹਾਂ ਚੋਣਾਂ ਲਈ ਵੋਟਾਂ 28 ਨਵੰਬਰ, 2026 ਨੂੰ ਪੈਣਗੀਆਂ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਸਾਗਰ ਸੇਤੀਆ ਨੇ ਦੱਸਿਆ ਕਿ ਨਗਰ ਕੌਂਸਲ ਬਾਘਾਪੁਰਾਣਾ ਦੇ ਵਾਰਡ ਨੰਬਰ 1 ਤੋਂ 15 ਤੱਕ ਅਤੇ ਨਗਰ ਕੌਂਸਲ ਧਰਮਕੋਟ ਦੇ ਵਾਰਡ ਨੰਬਰ 1, 2, 3, 4, 7, 9 ਅਤੇ 13 ਵਿੱਚ ਚੋਣਾਂ ਕਰਵਾਈਆਂ ਜਾ ਰਹੀਆਂ ਹਨ। ਕੁੱਲ 92 ਉਮੀਦਵਾਰਾਂ ਵਿੱਚੋਂ 62 ਉਮੀਦਵਾਰ ਨਗਰ ਕੌਂਸਲ ਬਾਘਾਪੁਰਾਣਾ ਅਤੇ 30 ਉਮੀਦਵਾਰ ਨਗਰ ਕੌਂਸਲ ਧਰਮਕੋਟ ਤੋਂ ਚੋਣ ਲੜ ਰਹੇ ਹਨ।
ਡਿਪਟੀ ਕਮਿਸ਼ਨਰ ਸ੍ਰੀ ਸਾਗਰ ਸੇਤੀਆ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਨ੍ਹਾਂ ਚੋਣਾਂ ਨੂੰ ਪੂਰੀ ਪਾਰਦਰਸ਼ਤਾ, ਨਿਰਪੱਖਤਾ ਅਤੇ ਅਮਨ-ਅਮਾਨ ਨਾਲ ਨੇਪਰੇ ਚਾੜ੍ਹਨ ਲਈ ਪੁਖ਼ਤਾ ਪ੍ਰਬੰਧ ਯਕੀਨੀ ਬਣਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਚੋਣ ਪ੍ਰਕਿਰਿਆ ਦੌਰਾਨ ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਕੀਤੀ ਜਾਵੇਗੀ ਅਤੇ ਚੋਣਾਂ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਸਬੰਧਤ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ ਗਏ ਹਨ।
ਉਨ੍ਹਾਂ ਸਮੂਹ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ 28 ਨਵੰਬਰ ਨੂੰ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਜ਼ਰੂਰ ਕਰਨ ਅਤੇ ਲੋਕਤੰਤਰ ਦੀ ਮਜ਼ਬੂਤੀ ਵਿੱਚ ਆਪਣਾ ਯੋਗਦਾਨ ਪਾਉਣ।
Get all latest content delivered to your email a few times a month.