ਤਾਜਾ ਖਬਰਾਂ
ਜਗਦੀਸ਼ ਥਿੰਦ
ਮੋਗਾ, 24 ਨਵੰਬਰ:
ਜਨਗਣਨਾ-2027 ਨੂੰ ਲੈ ਕੇ ਲੋਕਾਂ ਵਿੱਚ ਜਾਗਰੂਕਤਾ ਪੈਦਾ ਕਰਨ ਅਤੇ ਇਸ ਕੌਮੀ ਮਹੱਤਵ ਵਾਲੇ ਕਾਰਜ ਵਿੱਚ ਹਰੇਕ ਨਾਗਰਿਕ ਦੀ ਸ਼ਮੂਲੀਅਤ ਯਕੀਨੀ ਬਣਾਉਣ ਦੇ ਉਦੇਸ਼ ਨਾਲ ਜ਼ਿਲ੍ਹਾ ਮੋਗਾ ਵਿੱਚ ਵਿਸ਼ੇਸ਼ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ। ਇਸ ਮੁਹਿੰਮ ਤਹਿਤ ਡਿਜੀਟਲ ਐੱਲਈਡੀ ਵੈਨ ਨਿਹਾਲ ਸਿੰਘ ਵਾਲਾ ਸਬ-ਡਵੀਜ਼ਨ ਦੇ ਵੱਖ-ਵੱਖ ਪਿੰਡਾਂ ਵਿੱਚ ਪਹੁੰਚ ਕੇ ਆਡੀਓ-ਵੀਡੀਓ ਸੰਦੇਸ਼ਾਂ ਰਾਹੀਂ ਲੋਕਾਂ ਨੂੰ ਜਨਗਣਨਾ ਦੀ ਪ੍ਰਕਿਰਿਆ ਅਤੇ ਇਸ ਨਾਲ ਜੁੜੀਆਂ ਆਨਲਾਈਨ ਸਹੂਲਤਾਂ ਬਾਰੇ ਜਾਣਕਾਰੀ ਦੇ ਰਹੀ ਹੈ।
ਡਿਪਟੀ ਕਮਿਸ਼ਨਰ-ਕਮ-ਪ੍ਰਿੰਸੀਪਲ ਜਨਗਣਨਾ ਅਧਿਕਾਰੀ ਸ੍ਰੀ ਸਾਗਰ ਸੇਤੀਆ ਨੇ ਦੱਸਿਆ ਕਿ 'ਸਾਡੀ ਜਨਗਣਨਾ, ਸਾਡਾ ਵਿਕਾਸ' ਦੇ ਸੰਦੇਸ਼ ਨਾਲ ਲੋਕਾਂ ਤੱਕ ਪਹੁੰਚ ਕਰ ਰਹੀ ਇਹ ਵੈਨ 13 ਨਵੰਬਰ ਤੋਂ 30 ਨਵੰਬਰ 2026 ਤੱਕ ਜ਼ਿਲ੍ਹੇ ਦੇ ਪੇਂਡੂ ਅਤੇ ਸ਼ਹਿਰੀ ਇਲਾਕਿਆਂ ਵਿੱਚ ਜਾਗਰੂਕਤਾ ਗਤੀਵਿਧੀਆਂ ਕਰ ਰਹੀ ਹੈ। ਇਸੇ ਲੜੀ ਤਹਿਤ ਅੱਜ ਵੈਨ ਵੱਲੋਂ ਮਾਣੂੰਕੇ, ਘੋਲੀਆ ਖ਼ੁਰਦ, ਬੁਰਜ ਦੁੱਨਾ, ਰਾਊਕੇ ਕਲਾਂ, ਬੀੜ ਰਾਊਕੇ ਅਤੇ ਰਣਸੀਂਹ ਖ਼ੁਰਦ ਵਿਖੇ ਲੋਕਾਂ ਨੂੰ ਜਨਗਣਨਾ ਸਬੰਧੀ ਜਾਣਕਾਰੀ ਦਿੱਤੀ ਗਈ।
ਉਨ੍ਹਾਂ ਕਿਹਾ ਕਿ ਜਨਗਣਨਾ ਸਿਰਫ਼ ਅੰਕੜੇ ਇਕੱਠੇ ਕਰਨ ਦੀ ਪ੍ਰਕਿਰਿਆ ਨਹੀਂ, ਸਗੋਂ ਦੇਸ਼ ਅਤੇ ਸੂਬੇ ਦੇ ਭਵਿੱਖੀ ਵਿਕਾਸ ਦੀ ਯੋਜਨਾਬੰਦੀ ਦਾ ਇੱਕ ਅਹਿਮ ਆਧਾਰ ਹੈ। ਜਨਗਣਨਾ ਤੋਂ ਪ੍ਰਾਪਤ ਹੋਣ ਵਾਲੇ ਸਹੀ ਅੰਕੜੇ ਸਰਕਾਰੀ ਭਲਾਈ ਸਕੀਮਾਂ ਤਿਆਰ ਕਰਨ, ਬੁਨਿਆਦੀ ਸਹੂਲਤਾਂ ਦੀ ਲੋੜ ਦਾ ਮੁਲਾਂਕਣ ਕਰਨ ਅਤੇ ਲੋਕਾਂ ਤੱਕ ਸਰਕਾਰੀ ਸੇਵਾਵਾਂ ਪ੍ਰਭਾਵਸ਼ਾਲੀ ਢੰਗ ਨਾਲ ਪਹੁੰਚਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜਨਗਣਨਾ-2027 ਦੇ ਪਹਿਲੇ ਪੜਾਅ ਤਹਿਤ 16 ਨਵੰਬਰ ਤੋਂ 30 ਨਵੰਬਰ 2026 ਤੱਕ ਸਵੈ-ਗਣਨਾ ਦੀ ਸਹੂਲਤ ਦਿੱਤੀ ਗਈ ਹੈ। ਇਸ ਸਹੂਲਤ ਰਾਹੀਂ ਲੋਕ ਅਧਿਕਾਰਤ ਵੈੱਬਸਾਈਟ se.census.gov.in 'ਤੇ ਜਾ ਕੇ ਘਰ ਬੈਠੇ ਆਪਣੇ ਮਕਾਨ ਅਤੇ ਪਰਿਵਾਰ ਸਬੰਧੀ ਲੋੜੀਂਦੇ ਵੇਰਵੇ ਆਨਲਾਈਨ ਦਰਜ ਕਰਵਾ ਸਕਦੇ ਹਨ। ਸਵੈ-ਗਣਨਾ ਦੀ ਪ੍ਰਕਿਰਿਆ ਪੂਰੀ ਹੋਣ ਉਪਰੰਤ ਪਰਿਵਾਰ ਨੂੰ ਇੱਕ ਵਿਲੱਖਣ ਸਵੈ-ਗਣਨਾ ਪਛਾਣ ਨੰਬਰ (ਐੱਸ.ਈ. ਆਈ.ਡੀ.) ਮਿਲੇਗਾ, ਜਿਸ ਨੂੰ ਬਾਅਦ ਵਿੱਚ ਘਰ-ਘਰ ਜਾਣ ਵਾਲੇ ਅਧਿਕਾਰਤ ਜਨਗਣਨਾ ਕਰਮਚਾਰੀ ਨਾਲ ਸਾਂਝਾ ਕਰਨਾ ਹੋਵੇਗਾ।
ਉਨ੍ਹਾਂ ਸਪੱਸ਼ਟ ਕੀਤਾ ਕਿ ਜਨਗਣਨਾ ਦੌਰਾਨ ਨਾਗਰਿਕਾਂ ਵੱਲੋਂ ਮੁਹੱਈਆ ਕਰਵਾਈ ਜਾਣ ਵਾਲੀ ਨਿੱਜੀ ਜਾਣਕਾਰੀ ਜਨਗਣਨਾ ਐਕਟ, 1948 ਤਹਿਤ ਪੂਰੀ ਤਰ੍ਹਾਂ ਗੁਪਤ ਰੱਖੀ ਜਾਂਦੀ ਹੈ। ਇਸ ਲਈ ਲੋਕ ਬਿਨਾਂ ਕਿਸੇ ਝਿਜਕ ਦੇ ਸਹੀ ਜਾਣਕਾਰੀ ਦਰਜ ਕਰਵਾਉਣ ਅਤੇ ਇਸ ਪ੍ਰਕਿਰਿਆ ਵਿੱਚ ਆਪਣਾ ਯੋਗਦਾਨ ਪਾਉਣ।
ਸ੍ਰੀ ਸੇਤੀਆ ਨੇ ਨਿਹਾਲ ਸਿੰਘ ਵਾਲਾ ਸਬ-ਡਵੀਜ਼ਨ ਦੇ ਪਿੰਡਾਂ ਦੇ ਵਸਨੀਕਾਂ, ਗ੍ਰਾਮ ਪੰਚਾਇਤਾਂ, ਪਿੰਡਾਂ ਦੇ ਮੋਹਤਬਰਾਂ ਅਤੇ ਸਮਾਜਿਕ ਸੰਸਥਾਵਾਂ ਨੂੰ ਅਪੀਲ ਕੀਤੀ ਕਿ ਉਹ ਇਸ ਮੁਹਿੰਮ ਨੂੰ ਲੋਕ ਲਹਿਰ ਬਣਾਉਣ ਵਿੱਚ ਸਹਿਯੋਗ ਦੇਣ ਅਤੇ ਹਰ ਪਰਿਵਾਰ ਨੂੰ ਸਵੈ-ਗਣਨਾ ਦੀ ਸਹੂਲਤ ਬਾਰੇ ਜਾਣੂ ਕਰਵਾਉਣ, ਤਾਂ ਜੋ ਕੋਈ ਵੀ ਨਾਗਰਿਕ ਇਸ ਮਹੱਤਵਪੂਰਨ ਪ੍ਰਕਿਰਿਆ ਤੋਂ ਵਾਂਝਾ ਨਾ ਰਹੇ।
ਉਨ੍ਹਾਂ ਦੱਸਿਆ ਕਿ ਜਾਗਰੂਕਤਾ ਮੁਹਿੰਮ ਤਹਿਤ 25 ਨਵੰਬਰ ਨੂੰ ਡਿਜੀਟਲ ਐੱਲਈਡੀ ਵੈਨ ਤਖਤੂਪੁਰਾ, ਲੋਹਾਰਾ, ਰਾਮਾ, ਕੁੱਸਾ, ਮੀਨੀਆਂ ਅਤੇ ਬੀੜ ਬਧਨੀ ਪਿੰਡਾਂ ਵਿੱਚ ਪਹੁੰਚ ਕੇ ਲੋਕਾਂ ਨੂੰ ਜਨਗਣਨਾ-2027 ਅਤੇ ਸਵੈ-ਗਣਨਾ ਦੀ ਪ੍ਰਕਿਰਿਆ ਬਾਰੇ ਜਾਗਰੂਕ ਕਰੇਗੀ।
Get all latest content delivered to your email a few times a month.