ਤਾਜਾ ਖਬਰਾਂ
ਜਗਦੀਸ਼ ਥਿੰਦ
ਮੋਗਾ, 24 ਨਵੰਬਰ:
ਭਾਰਤ ਚੋਣ ਕਮਿਸ਼ਨ ਅਤੇ ਮੁੱਖ ਚੋਣ ਅਫ਼ਸਰ, ਪੰਜਾਬ ਦੀਆਂ ਹਦਾਇਤਾਂ ਅਨੁਸਾਰ ਵੋਟਰ ਸੂਚੀਆਂ ਦੀ ਵਿਸ਼ੇਸ਼ ਸਰਸਰੀ ਸੁਧਾਈ (SSR-2027) ਤਹਿਤ ਯੋਗ ਨਾਗਰਿਕਾਂ ਦੀ ਵੋਟਰ ਵਜੋਂ ਰਜਿਸਟ੍ਰੇਸ਼ਨ ਅਤੇ ਵੋਟਰ ਸੂਚੀਆਂ ਨੂੰ ਤਰੁੱਟੀ ਰਹਿਤ ਬਣਾਉਣ ਲਈ ਲਗਾਏ ਜਾ ਰਹੇ ਵਿਸ਼ੇਸ਼ ਕੈਂਪਾਂ ਦਾ ਅੱਜ ਜ਼ਿਲ੍ਹਾ ਮੋਗਾ ਦੇ ਰੋਲ ਆਬਜ਼ਰਵਰ-ਕਮ-ਕਮਿਸ਼ਨਰ ਫ਼ਿਰੋਜ਼ਪੁਰ ਮੰਡਲ ਬਬੀਤਾ ਕਲੇਰ ਵੱਲੋਂ ਨਿਰੀਖਣ ਕੀਤਾ ਗਿਆ। ਇਸ ਮੌਕੇ ਉਨ੍ਹਾਂ ਵੱਖ-ਵੱਖ ਪੋਲਿੰਗ ਬੂਥਾਂ 'ਤੇ ਪਹੁੰਚ ਕੇ ਬੀ.ਐਲ.ਓਜ਼ ਵੱਲੋਂ ਨਿਭਾਈਆਂ ਜਾ ਰਹੀਆਂ ਡਿਊਟੀਆਂ ਅਤੇ ਕੈਂਪਾਂ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ।
ਇਸ ਦੌਰਾਨ ਬਬੀਤਾ ਕਲੇਰ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਮਾਲ ਕੇ ਵਿਖੇ ਸਥਾਪਤ ਬੂਥ ਨੰਬਰ 113 ਅਤੇ 114, ਸਰਕਾਰੀ ਪ੍ਰਾਇਮਰੀ ਸਕੂਲ ਫਿਰੋਜ਼ਵਾਲ ਮੰਗਲ ਸਿੰਘ ਵਿਖੇ ਬੂਥ ਨੰਬਰ 118 ਅਤੇ ਸਰਕਾਰੀ ਪ੍ਰਾਇਮਰੀ ਸਕੂਲ ਫਿਰੋਜ਼ਵਾਲ ਬਾਡਾ ਵਿਖੇ ਬੂਥ ਨੰਬਰ 119 ਦਾ ਦੌਰਾ ਕੀਤਾ ਗਿਆ। ਉਨ੍ਹਾਂ ਸਬੰਧਤ ਬੂਥ ਲੈਵਲ ਅਫ਼ਸਰਾਂ (ਬੀ.ਐਲ.ਓਜ਼) ਤੋਂ ਵੋਟਰ ਸੂਚੀਆਂ ਦੀ ਸੁਧਾਈ ਸਬੰਧੀ ਕੀਤੇ ਜਾ ਰਹੇ ਕੰਮਾਂ, ਨਵੇਂ ਵੋਟਰਾਂ ਦੀ ਰਜਿਸਟ੍ਰੇਸ਼ਨ, ਵੋਟਰ ਸੂਚੀ ਵਿੱਚ ਨਾਮ ਦਰਜ ਕਰਵਾਉਣ, ਨਾਮਾਂ ਅਤੇ ਪਤੇ ਆਦਿ ਵਿੱਚ ਸੋਧ ਕਰਨ ਲਈ ਪ੍ਰਾਪਤ ਹੋ ਰਹੇ ਫਾਰਮਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਹਾਸਲ ਕੀਤੀ।
ਉਨ੍ਹਾਂ ਕੈਂਪਾਂ ਵਿੱਚ ਆਉਣ ਵਾਲੇ ਨਾਗਰਿਕਾਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਅਤੇ ਬੀ.ਐਲ.ਓਜ਼ ਵੱਲੋਂ ਫਾਰਮਾਂ ਦੀ ਪੜਤਾਲ ਤੇ ਉਨ੍ਹਾਂ ਦੇ ਨਿਪਟਾਰੇ ਲਈ ਅਪਣਾਈ ਜਾ ਰਹੀ ਪ੍ਰਕਿਰਿਆ ਦਾ ਵੀ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਵੋਟਰ ਸੂਚੀਆਂ ਦੀ ਸ਼ੁੱਧਤਾ ਲੋਕਤੰਤਰੀ ਪ੍ਰਣਾਲੀ ਦੀ ਮਜ਼ਬੂਤੀ ਲਈ ਬੇਹੱਦ ਮਹੱਤਵਪੂਰਨ ਹੈ। ਇਸ ਲਈ ਹਰ ਯੋਗ ਨਾਗਰਿਕ ਦਾ ਨਾਮ ਵੋਟਰ ਸੂਚੀ ਵਿੱਚ ਦਰਜ ਹੋਣਾ ਅਤੇ ਕਿਸੇ ਵੀ ਯੋਗ ਵੋਟਰ ਨੂੰ ਵੋਟ ਦੇ ਅਧਿਕਾਰ ਤੋਂ ਵਾਂਝਾ ਨਾ ਰਹਿਣ ਦੇਣਾ ਯਕੀਨੀ ਬਣਾਇਆ ਜਾਣਾ ਚਾਹੀਦਾ ਹੈ।
ਉਨ੍ਹਾਂ ਬੀ.ਐਲ.ਓਜ਼ ਨੂੰ ਹਦਾਇਤ ਕੀਤੀ ਕਿ ਉਹ ਆਪਣੀ ਡਿਊਟੀ ਪੂਰੀ ਤਨਦੇਹੀ, ਇਮਾਨਦਾਰੀ ਅਤੇ ਜ਼ਿੰਮੇਵਾਰੀ ਨਾਲ ਨਿਭਾਉਣ ਅਤੇ ਚੋਣ ਕਮਿਸ਼ਨ ਵੱਲੋਂ ਨਿਰਧਾਰਤ ਹਦਾਇਤਾਂ ਦੀ ਪਾਲਣਾ ਕਰਦਿਆਂ ਵੋਟਰ ਸੂਚੀਆਂ ਦੀ ਸੁਧਾਈ ਦਾ ਕੰਮ ਸਮਾਂਬੱਧ ਢੰਗ ਨਾਲ ਮੁਕੰਮਲ ਕਰਨ। ਉਨ੍ਹਾਂ ਇਹ ਵੀ ਕਿਹਾ ਕਿ ਲੋਕਾਂ ਨੂੰ ਵੋਟਰ ਸੂਚੀ ਵਿੱਚ ਨਾਮ ਦਰਜ ਕਰਵਾਉਣ ਅਤੇ ਲੋੜੀਂਦੀਆਂ ਸੋਧਾਂ ਕਰਵਾਉਣ ਸਬੰਧੀ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ ਤਾਂ ਜੋ ਕੋਈ ਵੀ ਯੋਗ ਨਾਗਰਿਕ ਵੋਟ ਦੇ ਅਧਿਕਾਰ ਤੋਂ ਵਾਂਝਾ ਨਾ ਰਹੇ।
ਇਸ ਨਿਰੀਖਣ ਦਾ ਮੁੱਖ ਉਦੇਸ਼ ਵਿਸ਼ੇਸ਼ ਕੈਂਪਾਂ ਰਾਹੀਂ ਚੋਣ ਕਮਿਸ਼ਨ ਦੀਆਂ ਹਦਾਇਤਾਂ ਨੂੰ ਜ਼ਮੀਨੀ ਪੱਧਰ 'ਤੇ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਵਾਉਣਾ ਅਤੇ ਵੋਟਰ ਸੂਚੀਆਂ ਨੂੰ ਸਹੀ, ਪਾਰਦਰਸ਼ੀ ਅਤੇ ਅਪਡੇਟ ਰੱਖਣਾ ਸੀ।
Get all latest content delivered to your email a few times a month.