IMG-LOGO
ਹੋਮ ਪੰਜਾਬ : ਨੱਥੂਵਾਲਾ ਜਦੀਦ ਵਿਖੇ 26 ਨਵੰਬਰ ਨੂੰ ਹੋਣ ਵਾਲੇ ਰਾਜ ਪੱਧਰੀ...

ਨੱਥੂਵਾਲਾ ਜਦੀਦ ਵਿਖੇ 26 ਨਵੰਬਰ ਨੂੰ ਹੋਣ ਵਾਲੇ ਰਾਜ ਪੱਧਰੀ ਸਮਾਗਮ ਦੀਆਂ ਤਿਆਰੀਆਂ ਮੁਕੰਮਲ

ਡਿਪਟੀ ਕਮਿਸ਼ਨਰ ਸਾਗਰ ਸੇਤੀਆ ਵੱਲੋਂ ਵਿਭਾਗਾਂ ਨਾਲ ਮੀਟਿੰਗ

ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਕਰਨਗੇ ਸਮਾਰਟ ਰਾਸ਼ਨ ਕਾਰਡਾਂ ਦੀ ਵੰਡ ਦੀ ਸ਼ੁਰੂਆਤ

Admin user - Nov 24, 2026 05:09 PM
IMG

ਜਗਦੀਸ਼ ਥਿੰਦ

ਮੋਗਾ, 24 ਨਵੰਬਰ:

ਜ਼ਿਲ੍ਹਾ ਮੋਗਾ ਦੇ ਪਿੰਡ ਨੱਥੂਵਾਲਾ ਜਦੀਦ ਵਿਖੇ 26 ਨਵੰਬਰ ਨੂੰ ਹੋਣ ਵਾਲੇ ਸਮਾਰਟ ਰਾਸ਼ਨ ਕਾਰਡਾਂ ਦੀ ਵੰਡ ਦੀ ਸ਼ੁਰੂਆਤ ਸਬੰਧੀ ਰਾਜ ਪੱਧਰੀ ਸਮਾਗਮ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਸਮਾਗਮ ਵਿੱਚ ਮੁੱਖ ਮੰਤਰੀ ਪੰਜਾਬ ਸ੍ਰ. ਭਗਵੰਤ ਸਿੰਘ ਮਾਨ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕਰਕੇ ਸਮਾਰਟ ਰਾਸ਼ਨ ਕਾਰਡਾਂ ਦੀ ਵੰਡ ਦੀ ਸ਼ੁਰੂਆਤ ਕਰਨਗੇ। ਇਸ ਸਮਾਗਮ ਵਿੱਚ ਇੱਕ ਲੱਖ ਤੋਂ ਵੱਧ ਲੋਕ  ਸ਼ਾਮਲ ਹੋਣਗੇ।

ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀ ਸਾਗਰ ਸੇਤੀਆ ਨੇ ਸਮਾਗਮ ਵਾਲੀ ਥਾਂ 'ਤੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਉਪਰੰਤ ਦਿੱਤੀ। ਉਨ੍ਹਾਂ ਦੱਸਿਆ ਕਿ ਸਮਾਗਮ ਨੂੰ ਸਫ਼ਲਤਾਪੂਰਵਕ ਨੇਪਰੇ ਚਾੜ੍ਹਨ ਲਈ ਵੱਖ-ਵੱਖ ਵਿਭਾਗਾਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ ਅਤੇ ਸਾਰੇ ਵਿਭਾਗਾਂ ਵੱਲੋਂ ਆਪਸੀ ਤਾਲਮੇਲ ਨਾਲ ਆਪਣੀਆਂ ਜ਼ਿੰਮੇਵਾਰੀਆਂ ਨਿਭਾਈਆਂ ਜਾ ਰਹੀਆਂ ਹਨ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀ ਜਸਪਿੰਦਰ ਸਿੰਘ, ਐੱਸ.ਐੱਸ.ਪੀ. ਸ੍ਰੀ ਸਰਤਾਜ ਸਿੰਘ ਚਾਹਲ ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਮਾਗਮ ਵਿੱਚ ਵੱਡੀ ਗਿਣਤੀ ਵਿੱਚ ਲੋਕਾਂ ਦੀ ਸ਼ਮੂਲੀਅਤ ਨੂੰ ਧਿਆਨ ਵਿੱਚ ਰੱਖਦਿਆਂ ਪਾਰਕਿੰਗ, ਆਵਾਜਾਈ, ਸੁਰੱਖਿਆ, ਪੀਣ ਵਾਲੇ ਪਾਣੀ, ਸਾਫ਼-ਸਫ਼ਾਈ ਅਤੇ ਬੈਠਣ ਸਮੇਤ ਸਾਰੇ ਲੋੜੀਂਦੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਲੋਕਾਂ ਦੀ ਆਵਾਜਾਈ ਨੂੰ ਸੁਚਾਰੂ ਬਣਾਉਣ ਲਈ ਵਿਸ਼ੇਸ਼ ਟ੍ਰੈਫਿਕ ਯੋਜਨਾ ਤਿਆਰ ਕੀਤੀ ਗਈ ਹੈ ਅਤੇ ਸੁਰੱਖਿਆ ਦੇ ਵੀ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ।

ਉਨ੍ਹਾਂ ਕਿਹਾ ਕਿ ਸਮਾਗਮ ਵਿੱਚ ਪਹੁੰਚਣ ਵਾਲੇ ਲੋਕਾਂ, ਖਾਸ ਕਰਕੇ ਔਰਤਾਂ, ਬਜ਼ੁਰਗਾਂ, ਬੱਚਿਆਂ ਅਤੇ ਦਿਵਿਆਂਗ ਵਿਅਕਤੀਆਂ ਦੀ ਸਹੂਲਤ ਨੂੰ ਵਿਸ਼ੇਸ਼ ਤਰਜੀਹ ਦਿੱਤੀ ਗਈ ਹੈ। ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਸਮਾਗਮ ਦੌਰਾਨ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ ਅਤੇ ਹਰ ਪੱਧਰ 'ਤੇ ਪ੍ਰਬੰਧ ਸੁਚਾਰੂ ਬਣਾਏ ਰੱਖੇ ਜਾਣ।

ਉਨ੍ਹਾਂ ਦੱਸਿਆ ਕਿ ਇਸ ਰਾਜ ਪੱਧਰੀ ਸਮਾਗਮ ਦੌਰਾਨ ਸਮਾਰਟ ਰਾਸ਼ਨ ਕਾਰਡਾਂ ਦੀ ਵੰਡ ਦੀ ਸ਼ੁਰੂਆਤ ਕੀਤੀ ਜਾਵੇਗੀ, ਜਿਸ ਨਾਲ ਯੋਗ ਲਾਭਪਾਤਰੀਆਂ ਨੂੰ ਸਰਕਾਰੀ ਰਾਸ਼ਨ ਅਤੇ ਲੋਕ ਭਲਾਈ ਸਕੀਮਾਂ ਦਾ ਲਾਭ ਹੋਰ ਪਾਰਦਰਸ਼ੀ ਅਤੇ ਸੁਚਾਰੂ ਢੰਗ ਨਾਲ ਮੁਹੱਈਆ ਕਰਵਾਉਣ ਵਿੱਚ ਮਦਦ ਮਿਲੇਗੀ।


ਉਨ੍ਹਾਂ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਸਮਾਗਮ ਵਿੱਚ ਵੱਧ-ਚੜ੍ਹ ਕੇ ਸ਼ਮੂਲੀਅਤ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਮਾਗਮ ਨੂੰ ਸੁਚਾਰੂ, ਸੁਰੱਖਿਅਤ ਅਤੇ ਯਾਦਗਾਰੀ ਬਣਾਉਣ ਲਈ ਹਰ ਸੰਭਵ ਪ੍ਰਬੰਧ ਕੀਤੇ ਗਏ ਹਨ।

ਫ਼ੋਟੋ ਕੈਪਸ਼ਨ- ਨੱਥੂਵਾਲਾ ਜਦੀਦ ਵਿਖੇ 26 ਨਵੰਬਰ ਨੂੰ ਹੋਣ ਵਾਲੇ ਰਾਜ ਪੱਧਰੀ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਂਦੇ ਹੋਏ ਡਿਪਟੀ ਕਮਿਸ਼ਨਰ ਮੋਗਾ ਸ਼੍ਰੀ ਸਾਗਰ ਸੇਤੀਆ।

Share:

ਸੰਪਾਦਕ ਦਾ ਡੈਸਕ

Shabdish Thind

Editor

ਕੱਪੜ ਛਾਣ

Watch LIVE TV
Boldapunjab TV
Subscribe

Get all latest content delivered to your email a few times a month.