ਤਾਜਾ ਖਬਰਾਂ
ਜਗਦੀਸ਼ ਥਿੰਦ ਬੋਲਦਾ ਪੰਜਾਬ ਬਿਊਰੋ
ਚੰਡੀਗੜ੍ਹ/ਮੋਗਾ, 26 ਨਵੰਬਰ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੀਰਵਾਰ ਨੂੰ 10 ਲੱਖ ਲਾਭਪਾਤਰੀਆਂ ਤੱਕ ਖੁਰਾਕ ਸੁਰੱਖਿਆ ਯੋਜਨਾ ਦਾ ਲਾਭ ਪਹੁੰਚਾਉਣ ਲਈ ਸਮਾਰਟ ਰਾਸ਼ਨ ਕਾਰਡ ਯੋਜਨਾ ਦੀ ਸ਼ੁਰੂਆਤ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ‘ਨਾ ਪੈਸਾ, ਨਾ ਸਿਫ਼ਾਰਸ਼’ ਦੇ ਸਿਧਾਂਤ ਤਹਿਤ ਪਾਰਦਰਸ਼ੀ, ਡਿਜੀਟਲ ਅਤੇ ਨਿਰਪੱਖ ਚੋਣ ਪ੍ਰਕਿਰਿਆ ਰਾਹੀਂ ਇਹ ਯਕੀਨੀ ਬਣਾਇਆ ਹੈ ਕਿ ਸਿਰਫ਼ ਅਸਲ ਲੋੜਵੰਦ ਪਰਿਵਾਰਾਂ ਨੂੰ ਹੀ ਉਨ੍ਹਾਂ ਦੇ ਬਣਦੇ ਹੱਕ ਮਿਲਣ।
ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨਾਲ ਮੁੱਖ ਮੰਤਰੀ ਨੇ ਮੰਚ ਤੋਂ ਲਾਭਪਾਤਰੀਆਂ ਨੂੰ ਦਾਲਾਂ, ਖੰਡ, ਨਮਕ, ਹਲਦੀ ਅਤੇ ਸਰ੍ਹੋਂ ਦੇ ਤੇਲ ਵਾਲੀਆਂ ‘ਮੇਰੀ ਰਸੋਈ’ ਕਿੱਟਾਂ ਵੰਡੀਆਂ। ਇਸ ਦੇ ਨਾਲ ਹੀ ਉਨ੍ਹਾਂ ਭਰੋਸਾ ਦਿੱਤਾ ਕਿ ਈ-ਕੇਵਾਈਸੀ (e-KYC) ਦੀ ਪ੍ਰਕਿਰਿਆ ਮੁਕੰਮਲ ਹੋਣ ਤੋਂ ਬਾਅਦ ਹਰੇਕ ਪਰਿਵਾਰਕ ਮੈਂਬਰ ਨੂੰ ਪ੍ਰਤੀ ਮਹੀਨਾ ਪੰਜ ਕਿਲੋਗ੍ਰਾਮ ਮੁਫ਼ਤ ਕਣਕ ਵੀ ਦਿੱਤੀ ਜਾਵੇਗੀ।
ਇਸ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸਾਡੀ ਸਰਕਾਰ ਨੇ ਸਭ ਤੋਂ ਵੱਧ ਹੱਕਦਾਰ ਅਤੇ ਲੋੜਵੰਦ ਪਰਿਵਾਰਾਂ ਨੂੰ 10 ਲੱਖ ਨਵੇਂ ਰਾਸ਼ਨ ਕਾਰਡ ਜਾਰੀ ਕਰਨ ਲਈ ਵਿਸ਼ੇਸ਼ ਮੁਹਿੰਮ ਚਲਾਈ ਹੈ। ਇਹ ਸਮੁੱਚੀ ਪ੍ਰਕਿਰਿਆ ਡਿਜੀਟਲ, ਪਾਰਦਰਸ਼ੀ ਅਤੇ ਨਿਰਪੱਖ ਪ੍ਰਣਾਲੀ ਰਾਹੀਂ ਨੇਪਰੇ ਚਾੜ੍ਹੀ ਗਈ ਹੈ, ਤਾਂ ਜੋ ਅਸਲ ਲਾਭਪਾਤਰੀਆਂ ਨੂੰ ਬਿਨਾਂ ਕਿਸੇ ਵਿਤਕਰੇ ਜਾਂ ਸਿਆਸੀ ਦਖ਼ਲਅੰਦਾਜ਼ੀ ਤੋਂ ਉਨ੍ਹਾਂ ਦੇ ਬਣਦੇ ਹੱਕ ਮਿਲ ਸਕਣ।”
ਮੁੱਖ ਮੰਤਰੀ ਨੇ ਦੱਸਿਆ ਕਿ ਜੁਲਾਈ ਮਹੀਨੇ ਵਿੱਚ ਸ਼ੁਰੂ ਕੀਤੀ ਗਈ ਵਿਸ਼ੇਸ਼ ਮੁਹਿੰਮ ਦੌਰਾਨ ਕੁੱਲ 19.25 ਲੱਖ ਆਨਲਾਈਨ ਅਰਜ਼ੀਆਂ ਪ੍ਰਾਪਤ ਹੋਈਆਂ।
ਉਨ੍ਹਾਂ ਕਿਹਾ ਕਿ ਲੋਕਾਂ ਨੇ ਸੇਵਾ ਕੇਂਦਰਾਂ, ਕਾਮਨ ਸਰਵਿਸ ਸੈਂਟਰਾਂ (CSCs) ਅਤੇ ਆਨਲਾਈਨ ਪਲੇਟਫਾਰਮਾਂ ਰਾਹੀਂ ਅਰਜ਼ੀਆਂ ਦਿੱਤੀਆਂ, ਜਦਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਯੋਗ ਪਰਿਵਾਰਾਂ ਦੀ ਪਛਾਣ ਕਰਨ ਲਈ ਘਰ-ਘਰ ਜਾ ਕੇ ਤਸਦੀਕ ਕੀਤੀ ਗਈ।
ਪਾਰਦਰਸ਼ੀ ਚੋਣ ਪ੍ਰਕਿਰਿਆ ਬਾਰੇ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ, “ਪੰਜਾਬ ਸਰਕਾਰ ਨੇ ਸਭ ਤੋਂ ਵੱਧ ਹੱਕਦਾਰ ਪਰਿਵਾਰਾਂ ਦੀ ਪਛਾਣ ਕਰਨ ਲਈ ਡਿਜੀਟਲ ਅੰਕੜਿਆਂ ਅਤੇ ਨਿਰਪੱਖ ਅੰਕ-ਆਧਾਰਿਤ ਮਾਪਦੰਡਾਂ ਦੀ ਵਰਤੋਂ ਕੀਤੀ ਹੈ। ਇਹ ਸਮੁੱਚੀ ਮੁਹਿੰਮ ‘ਨਾ ਪੈਸਾ, ਨਾ ਸਿਫ਼ਾਰਸ਼’ ਦੇ ਸਿਧਾਂਤ ਉੱਤੇ ਚਲਾਈ ਗਈ ਹੈ। ਅਸੀਂ ਯਕੀਨੀ ਬਣਾਇਆ ਹੈ ਕਿ ਸਿਰਫ਼ ਅਸਲ ਅਤੇ ਲੋੜਵੰਦ ਪਰਿਵਾਰਾਂ ਦੀ ਹੀ ਚੋਣ ਕੀਤੀ ਜਾਵੇ, ਤਾਂ ਜੋ ਸਰਕਾਰੀ ਯੋਜਨਾਵਾਂ ਦਾ ਲਾਭ ਅਸਲ ਹੱਕਦਾਰਾਂ ਤੱਕ ਪਹੁੰਚ ਸਕੇ।”
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਕੌਮੀ ਖੁਰਾਕ ਸੁਰੱਖਿਆ ਐਕਟ (NFSA), 2013 ਤਹਿਤ ਪੰਜਾਬ ਵਿੱਚ ਇਸ ਸਮੇਂ 39.73 ਲੱਖ ਪਰਿਵਾਰਾਂ ਨਾਲ ਸਬੰਧਤ 1.36 ਕਰੋੜ ਲਾਭਪਾਤਰੀ ਹਨ।
ਨਵੇਂ ਰਾਸ਼ਨ ਕਾਰਡ ਧਾਰਕਾਂ ਲਈ ਵਾਧੂ ਲਾਭਾਂ ਦਾ ਐਲਾਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਾਰੇ ਨਵੇਂ ਰਾਸ਼ਨ ਕਾਰਡ ਲਾਭਪਾਤਰੀਆਂ ਨੂੰ ਵਿਸ਼ੇਸ਼ ‘ਮੇਰੀ ਰਸੋਈ’ ਕਿੱਟ ਮੁਹੱਈਆ ਕਰਵਾਈ ਜਾਵੇਗੀ, ਜਿਸ ਵਿੱਚ ਹੇਠ ਲਿਖੀਆਂ ਵਸਤਾਂ ਸ਼ਾਮਲ ਹੋਣਗੀਆਂ:
2 ਕਿਲੋਗ੍ਰਾਮ ਦਾਲਾਂ
2 ਕਿਲੋਗ੍ਰਾਮ ਖੰਡ
1 ਕਿਲੋਗ੍ਰਾਮ ਨਮਕ
200 ਗ੍ਰਾਮ ਹਲਦੀ ਪਾਊਡਰ
1 ਲੀਟਰ ਸਰ੍ਹੋਂ ਦਾ ਤੇਲ
ਇਸ ਤੋਂ ਇਲਾਵਾ ਪ੍ਰਤੀ ਪਰਿਵਾਰਕ ਮੈਂਬਰ ਹਰ ਮਹੀਨੇ 5 ਕਿਲੋਗ੍ਰਾਮ ਮੁਫ਼ਤ ਕਣਕ
ਉਨ੍ਹਾਂ ਕਿਹਾ ਕਿ ਲਾਭਪਾਤਰੀਆਂ ਨੂੰ ਕੌਮੀ ਖੁਰਾਕ ਸੁਰੱਖਿਆ ਐਕਟ ਤਹਿਤ ਮੁਫ਼ਤ ਕਣਕ ਵੀ ਮਿਲਦੀ ਰਹੇਗੀ।
ਮੁੱਖ ਮੰਤਰੀ ਨੇ ਕਿਹਾ, “ਸਾਡੀ ਸਰਕਾਰ ਹਰੇਕ ਹੱਕਦਾਰ ਪਰਿਵਾਰ ਦੀ ਖੁਰਾਕ ਸੁਰੱਖਿਆ ਯਕੀਨੀ ਬਣਾਉਣ ਲਈ ਵਚਨਬੱਧ ਹੈ। ਇਹ ਵਾਧੂ ਸਹੂਲਤਾਂ ਆਮ ਪਰਿਵਾਰਾਂ ਨੂੰ ਮਹੱਤਵਪੂਰਨ ਰਾਹਤ ਦੇਣਗੀਆਂ ਅਤੇ ਸਮਾਜ ਦੇ ਸਭ ਤੋਂ ਗਰੀਬ ਵਰਗਾਂ ਨੂੰ ਦਿੱਤੀ ਜਾ ਰਹੀ ਭਲਾਈ ਸਹਾਇਤਾ ਨੂੰ ਹੋਰ ਮਜ਼ਬੂਤ ਕਰਨਗੀਆਂ।”
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਅੰਤਿਮ ਲਾਭਪਾਤਰੀ ਸੂਚੀ ਵਿੱਚ ਸ਼ਾਮਲ ਪਰਿਵਾਰਾਂ ਨੂੰ ਉਨ੍ਹਾਂ ਦੇ ਰਜਿਸਟਰਡ ਮੋਬਾਈਲ ਨੰਬਰਾਂ ਉੱਤੇ ਐੱਸਐੱਮਐੱਸ (SMS) ਰਾਹੀਂ ਜਾਣਕਾਰੀ ਦਿੱਤੀ ਜਾ ਰਹੀ ਹੈ।
ਉਨ੍ਹਾਂ ਕਿਹਾ ਕਿ ਐੱਸਐੱਮਐੱਸ ਤੋਂ ਇਲਾਵਾ ਪੰਜਾਬ ਸਰਕਾਰ ਵੱਲੋਂ ਚੁਣੇ ਗਏ ਪਰਿਵਾਰਾਂ ਨੂੰ ਸੂਚਿਤ ਕਰਨ ਲਈ ਆਈਵੀਆਰਐੱਸ (IVRS) ਸੁਨੇਹੇ ਅਤੇ ਪੱਤਰ ਵੀ ਭੇਜੇ ਜਾ ਰਹੇ ਹਨ। ਲਾਭਪਾਤਰੀ ਆਪਣਾ ਅਰਜ਼ੀ ਨੰਬਰ ਵਰਤ ਕੇ ਉਸੇ ਪੋਰਟਲ ਉੱਤੇ ਲਾਗਇਨ ਕਰਕੇ ਆਪਣੀ ਅਰਜ਼ੀ ਦੀ ਸਥਿਤੀ ਵੀ ਦੇਖ ਸਕਦੇ ਹਨ, ਜਿਸ ਰਾਹੀਂ ਉਨ੍ਹਾਂ ਨੇ ਅਰਜ਼ੀ ਦਿੱਤੀ ਸੀ।
ਮੁੱਖ ਮੰਤਰੀ ਨੇ ਅੱਗੇ ਦੱਸਿਆ ਕਿ ਸਫ਼ਲ ਬਿਨੈਕਾਰਾਂ ਦੇ ਰਾਸ਼ਨ ਕਾਰਡਾਂ ਨੂੰ ਆਨਲਾਈਨ ਰਾਸ਼ਨ ਵੰਡ ਪ੍ਰਣਾਲੀ ਨਾਲ ਜੋੜਨ ਦੀ ਪ੍ਰਕਿਰਿਆ ਜਾਰੀ ਹੈ।
ਉਨ੍ਹਾਂ ਕਿਹਾ ਕਿ ਯੋਜਨਾ ਦਾ ਪੂਰਾ ਲਾਭ ਪ੍ਰਾਪਤ ਕਰਨ ਲਈ ਪਰਿਵਾਰ ਦੇ ਹਰੇਕ ਮੈਂਬਰ ਨੂੰ ਆਪਣੇ ਨੇੜਲੇ ਰਾਸ਼ਨ ਡਿਪੂ ਉੱਤੇ ਜਾ ਕੇ ਈ-ਕੇਵਾਈਸੀ ਤਸਦੀਕ ਮੁਕੰਮਲ ਕਰਵਾਉਣੀ ਹੋਵੇਗੀ।
ਲਾਭਪਾਤਰੀਆਂ ਨੂੰ ਬਿਨਾਂ ਕਿਸੇ ਦੇਰੀ ਤੋਂ ਤਸਦੀਕ ਮੁਕੰਮਲ ਕਰਵਾਉਣ ਦੀ ਅਪੀਲ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਮੈਂ ਸਾਰੇ ਲਾਭਪਾਤਰੀਆਂ ਨੂੰ ਅਪੀਲ ਕਰਦਾ ਹਾਂ ਕਿ ਉਹ ਆਪਣੇ ਨੇੜਲੇ ਰਾਸ਼ਨ ਡਿਪੂ ਜਾਂ ਅਧਿਕਾਰਤ ਡੀਲਰ ਕੋਲ ਜਾ ਕੇ ਤੁਰੰਤ ਆਪਣੀ ਈ-ਕੇਵਾਈਸੀ ਮੁਕੰਮਲ ਕਰਵਾਉਣ, ਤਾਂ ਜੋ ਉਨ੍ਹਾਂ ਨੂੰ ਕੌਮੀ ਖੁਰਾਕ ਸੁਰੱਖਿਆ ਐਕਟ ਤਹਿਤ ਬਿਨਾਂ ਕਿਸੇ ਰੁਕਾਵਟ ਦੇ ਮੁਫ਼ਤ ਕਣਕ ਮਿਲਦੀ ਰਹੇ।”
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੁੜ ਦੁਹਰਾਇਆ ਕਿ ਪੰਜਾਬ ਸਰਕਾਰ ਸਮਾਜ ਦੇ ਸਭ ਤੋਂ ਗਰੀਬ ਅਤੇ ਕਮਜ਼ੋਰ ਵਰਗਾਂ ਦੀ ਭਲਾਈ ਲਈ ਵਚਨਬੱਧ ਹੈ। ਸਰਕਾਰ ਖੁਰਾਕ ਸੁਰੱਖਿਆ ਨੂੰ ਹੋਰ ਮਜ਼ਬੂਤ ਕਰਨ ਅਤੇ ਹਰੇਕ ਹੱਕਦਾਰ ਪਰਿਵਾਰ ਤੱਕ ਸਰਕਾਰੀ ਯੋਜਨਾਵਾਂ ਦਾ ਲਾਭ ਪਹੁੰਚਾਉਣ ਲਈ ਠੋਸ ਕਦਮ ਚੁੱਕਦੀ ਰਹੇਗੀ।
Get all latest content delivered to your email a few times a month.